ਕਿਸਾਨ ਜਥੇਬੰਦੀਆਂ ਨੇ ਬਠਿੰਡਾ 'ਚ ਧਰਨਾ ਦੇਣ ਉਪਰੰਤ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ
ਬਠਿੰਡਾ, 23 ਦਸੰਬਰ (ਅੰਮ੍ਰਿਤਪਾਲ ਸਿੰਘ ਵਲਾਣ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤਹਿਤ ਮੋਰਚੇ 'ਚ ਸ਼ਾਮਿਲ ਜ਼ਿਲ੍ਹਾ ਬਠਿੰਡਾ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਚ ਧਰਨਾ ਦੇਣ ਉਪਰੰਤ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡਾ ਸਿੰਘ ਜੇਠੂਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਗੁਰਦੀਪ ਸਿੰਘ ਰਾਮਪੁਰਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਦੇਵ ਸਿੰਘ ਭਾਈਰੂਪਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ 'ਤੇ ਐਮ. ਐਸ. ਪੀ. ਤੇ ਸਰਕਾਰੀ ਖਰੀਦ ਦੀ ਗਾਰੰਟੀ, ਬਿਜਲੀ ਬਿੱਲ 2020 ਰੱਦ ਕਰਨ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੇ ਲਿਖਤੀ ਸਮਝੌਤੇ ਨੂੰ ਤੁਰੰਤ ਲਾਗੂ ਕਰੇ। ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਰਾਜ ਸਰਕਾਰਾਂ ਨੂੰ ਪ੍ਰਾਈਵੇਟ ਮੰਡੀਆਂ ਖੋਲ੍ਹਣ ਦਾ ਖਰੜਾ ਭੇਜ ਕੇ ਮੰਡੀਕਰਨ ਬੋਰਡ ਨੂੰ ਖਤਮ ਕਰਨ ਦੀ ਨੀਤੀ ਲਾਗੂ ਕਰਨ ਲਈ ਹੁਕਮ ਦੇ ਦਿੱਤੇ ਹਨ, ਜਿਸ ਕਰਕੇ ਦੇਸ਼ ਦੀ ਰਾਸ਼ਟਰਪਤੀ ਤੋਂ ਮੰਗ ਕੀਤੀ ਗਈ ਹੈ ਕਿ ਸਰਕਾਰ ਵਲੋਂ ਜਾਰੀ ਕੀਤਾ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਦੇਸ਼ ਵਿਰੋਧੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕੀਤਾ ਜਾਵੇ।