ਸ਼੍ਰੋਮਣੀ ਕਮੇਟੀ ਨੇ ਵੀਰ ਬਾਲ ਦਿਵਸ ਤੇ ਨਾਂਅ ’ਤੇ ਭਾਰਤ ਸਰਕਾਰ ਕੋਲ ਜਤਾਇਆ ਮੁੜ ਇਤਰਾਜ
ਅੰਮ੍ਰਿਤਸਰ, 26 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਾਰੀ ਮੁੜ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਜੋ ਵੀਰ ਬਾਲ ਦਿਵਸ ਦਾ ਨਾਮ ਦਿੱਤਾ ਗਿਆ ਹੈ, ਇਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਸਥਾਵਾਂ ਨੇ ਪ੍ਰਵਾਨ ਨਹੀਂ ਕੀਤਾ ਹੈ। ਇਸ ਦਿਵਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਟਵਿਟਰ (ਹੁਣ ਐਕਸ) ’ਤੇ ਜਾਰੀ ਕੀਤੀ ਪੋਸਟ ਵਿਚ ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਸਿੱਖ ਸਿਧਾਂਤਾਂ ਵਿਚ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਬਹਾਦਰੀ ਅਤੇ ਬੇਮਿਸਾਲ ਸ਼ਹਾਦਤਾਂ ਲਈ ਬਾਬਾ ਸ਼ਬਦ ਨਾਲ ਸਤਿਕਾਰਿਆ ਜਾਂਦਾ ਹੈ ਨਾ ਕਿ ਬਾਲ ਸ਼ਬਦ ਵਜੋਂ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਕੇਂਦਰੀ ਵਿਦਿਆਲੇ ਪਯਨੂਰ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਹੈ ਕਿ ਸਾਹਿਬਜ਼ਾਦਿਆਂ ਦੀ ਸਰੀਰਕ ਤੌਰ ’ਤੇ ਨਕਲ ਕਰਨਾ ਸਿੱਖ ਕੌਮ ਲਈ ਇਤਰਾਜਯੋਗ ਮੰਨਿਆ ਜਾਂਦਾ ਹੈ ਅਤੇ ਸਿੱਖ ਸਿਧਾਂਤਾਂ ਅਨੁਸਾਰ ਇਸ ਦੀ ਸਖ਼ਤ ਮਨਾਹੀ ਹੈ। ਇਸ ਲਈ ਉਕਤ ਕੇਂਦਰੀ ਵਿਦਿਆਲਾ ਆਪਣੇ ਜਨਤਕ ਡੋਮੈਨ ਤੋਂ ਇਤਰਾਜ਼ਯੋਗ ਫੋਟੋਆਂ ਨੂੰ ਹਟਾਵੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੂੰ ਵੀ ਅਪੀਲ ਕੀਤੀ ਕਿ ਉਹ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ ਸਕੂਲਾਂ ਕਾਲਜਾਂ ਤੇ ਵਿੱਦਿਅਕ ਅਦਾਰਿਆਂ ਨੂੰ ਸਿੱਖ ਸਿਧਾਂਤਾਂ ਬਾਰੇ ਜਾਗਰੂਕ ਕਰਨ।