ਚੋਰਾਂ ਤੋਂ ਅੱਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਘੇਰਿਆ ਠਾਣਾ
ਗੁਰੂਹਰਸਹਾਏ (ਫਿਰੋਜ਼ਪੁਰ), 26 ਦਸੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਬੀਤੇ ਦਿਨੀਂ ਚੋਰਾਂ ਵਲੋਂ 30 ਦੇ ਕਰੀਬ ਮੋਟਰਾਂ ਚੋਰੀ ਕਰ ਲਈਆਂ ਗਈਆਂ ਸਨ ਅਤੇ ਇਨ੍ਹਾਂ ਪਿੰਡਾਂ ਦੇ ਲੋਕਾਂ ਵਲੋਂ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੂੰ ਚੋਰੀ ਸਬੰਧੀ ਵੱਖ-ਵੱਖ ਦਰਖਾਸਤਾਂ ਵੀ ਦਿੱਤੀਆਂ ਗਈਆਂ ਸਨ ਪਰ ਇਸਦੇ ਬਾਵਜੂਦ ਗੁਰੂਹਰਸਹਾਏ ਪੁਲਿਸ ਵਲੋਂ ਇਨ੍ਹਾਂ ਚੋਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਅੱਜ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਇਕੱਠੇ ਹੋ ਕੇ ਥਾਣਾ ਗੁਰੂਹਰਸਹਾਏ ਵਿਖੇ ਆਪਣਾ ਰੋਸ ਜ਼ਾਹਿਰ ਕਰਦੇ ਹੋਏ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ, ਚਮਕੌਰ ਸਿੰਘ ਤੇ ਹਰਚਰਨ ਸਿੰਘ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਉਨ੍ਹਾਂ ਦੇ ਪਿੰਡਾਂ ਦੇ ਖੇਤਾਂ ਵਿਚ ਲੱਗੀਆਂ ਨਵੀਆਂ 30 ਦੇ ਕਰੀਬ ਮੋਟਰਾਂ ਚੋਰਾਂ ਵਲੋਂ ਚੋਰੀ ਕਰ ਲਈਆਂ ਗਈਆਂ ਹਨ ਅਤੇ ਉਨ੍ਹਾਂ ਵਲੋਂ ਚੋਰੀ ਸਬੰਧੀ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੂੰ ਦਰਖਾਸਤ ਵੀ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਪੁਲਿਸ ਵਲੋਂ ਚੋਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਪੁਲਿਸ ਵਲੋਂ ਚੋਰਾਂ ਨੂੰ ਨਾ ਫੜਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਉਹ ਧਰਨਾ ਲਾਉਣ ਲਈ ਮਜਬੂਰ ਹੋਣਗੇ। ਰੋਸ ਵਜੋਂ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਠਾਣਾ ਘੇਰਿਆ।