ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 28 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸੰਬੰਧਿਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ। ਸ਼ੋਕ ਸਭਾ ਦੌਰਾਨ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਇਕ ਆਮ ਪਰਿਵਾਰ ਵਿਚੋਂ ਉਠ ਕੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਉੱਚ ਸਥਾਨ ਪ੍ਰਾਪਤ ਕੀਤਾ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਬਣੇ, ਜਿਸ ਨਾਲ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿਚ ਉੱਭਾਰਿਆ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਡਾ. ਮਨਮੋਹਨ ਸਿੰਘ ’ਤੇ ਮਾਣ ਹੈ। ਸ਼ੋਕ ਸਭਾ ਵਿਚ ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਤੇ ਹੋਰ ਮੌਜੂਦ ਸਨ।