4 ਜਨਵਰੀ ਨੂੰ ਖਨੌਰੀ ’ਤੇ ਹੋਵੇਗੀ ਮਹਾਪੰਚਾਇਤ
ਖਨੌਰੀ, 1 ਜਨਵਰੀ- ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 37ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਇੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ। ਹੁਣ 4 ਜਨਵਰੀ ਨੂੰ ਕਿਸਾਨਾਂ ਵਲੋਂ ਖਨੌਰੀ ਮੋਰਚੇ ਵਿਚ ਮਹਾਂਪੰਚਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਭਾਵਨਾ ਹੈ ਕਿ ਉਨ੍ਹਾਂ ਨੇ 44 ਸਾਲ ਕਿਸਾਨ ਵਰਗ ਦੀ ਸੇਵਾ ਕੀਤੀ ਹੈ। ਉਹ ਮਹਾਪੰਚਾਇਤ ਦੌਰਾਨ ਇਨ੍ਹਾਂ ਸਾਰਿਆਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ। ਇਸ ਦੌਰਾਨ ਡੱਲੇਵਾਲ ਲੋਕਾਂ ਨੂੰ ਸੰਦੇਸ਼ ਜਾਰੀ ਕਰਨਗੇ।