ਰਾਸ਼ਟਰਪਤੀ ਦਰੋਪਦੀ ਮੁਰਮੂ 17 ਜਨਵਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ ਨੂੰ "ਮਾਕਾ ਟਰਾਫੀ" ਨਾਲ ਕਰਨਗੇ ਸਨਮਾਨਿਤ
ਮੁਹਾਲੀ/ਚੰਡੀਗੜ੍ਹ , 3 ਜਨਵਰੀ - ਚੰਡੀਗੜ੍ਹ ਯੂਨੀਵਰਸਿਟੀ ਨੇ ਦੇਸ਼ ਦਾ ਸਰਵਉੱਚ ਖੇਡ ਪੁਰਸਕਾਰ 'ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ' (ਮਾਕਾ ਟਰਾਫੀ) 2024 ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਦੇਸ਼ ਦੀ ਪਹਿਲੀ ਪ੍ਰਾਈਵੇਟ ਯੂਨੀਵਰਸਿਟੀ ਬਣ ਗਈ ਹੈ, ਜਿਸ ਨੇ ਇਹ ਟਰਾਫੀ ਜਿੱਤੀ ਹੈ। ਪਹਿਲੀ ਵਾਰ ਚੰਡੀਗੜ੍ਹ ’ਵਰਸਿਟੀ ਨੇ ਵੀ 12 ਸਾਲਾਂ ਦੇ ਅਰਸੇ ਵਿਚ ਇਹ ਪ੍ਰਾਪਤੀ ਹਾਸਿਲ ਕੀਤੀ ਹੈ। ਜੋ ਕਿ ਚੰਡੀਗੜ੍ਹ ਯੂਨੀਵਰਸਿਟੀ ਦੀ ਮੈਨੇਜਮੈਂਟ, ਫੈਕਲਟੀ, ਵਿਦਿਆਰਥੀਆਂ ਅਤੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ। ਚੰਡੀਗੜ੍ਹ ਯੂਨੀਵਰਸਿਟੀ ਵਲੋਂ ਇਹ ਟਰਾਫੀ 17 ਜਨਵਰੀ, 2025 ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਚ ਇਨਾਮ ਵੰਡ ਸਮਾਰੋਹ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦਿੱਤੀ ਜਾਵੇਗੀ। ਯੂਨੀਵਰਸਿਟੀ ਵਲੋਂ 'ਮਾਕਾ ਟਰਾਫੀ' ਦੇ ਨਾਲ 20 ਲੱਖ ਰੁਪਏ ਦਾ ਨਕਦ ਇਨਾਮ ਵੀ ਦਿੱਤਾ ਜਾਵੇਗਾ। ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੀ ਯੂਨੀਵਰਸਿਟੀ ਨੂੰ ਹਰ ਸਾਲ ਇਹ ਐਵਾਰਡ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਬੀਏ ਦੇ ਵਿਦਿਆਰਥੀ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਸੰਜੇ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। 2024 ਵਿਚ ਪੈਰਿਸ ਉਲੰਪਿਕ ਵਿਚ ਕਾਂਸੀ ਦਾ ਤਗਮਾ
ਜੇਤੂ ਭਾਰਤੀ ਹਾਕੀ ਟੀਮ ਦਾ ਵੀ ਹਿੱਸਾ ਸੀ। ਸੰਜੇ ਅਤੇ ਹੋਰ ਚੋਟੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਇਸ ਮਹੀਨੇ ਦੇ ਅੰਤ ਵਿਚ ਰਾਸ਼ਟਰੀ ਖੇਡ ਪੁਰਸਕਾਰ ਸਮਾਰੋਹ ਦੌਰਾਨ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਵੇਗਾ।ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸਾਲ 2023-24 ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ 134 ਤਗਮੇ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ।