ਨਾਭਾ 'ਚ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ
ਨਾਭਾ (ਪਟਿਆਲਾ), 4 ਜਨਵਰੀ (ਜਗਨਾਰ ਸਿੰਘ ਦੁਲੱਦੀ)-ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਇਤਿਹਾਸਿਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂਵਾਲਾ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਹਲਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਪੁੱਜੀਆਂ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸਮੇਂ ਅਰਦਾਸ ਕੀਤੀ ਗਈ ਅਤੇ ਜਥੇਦਾਰ ਬਲਤੇਜ ਸਿੰਘ ਖੋਖ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ ਗਈ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਹਾਜ਼ਰੀ ਭਰੀ ਗਈ। ਇਸ ਦੌਰਾਨ ਗਤਕੇ ਦੇ ਜੌਹਰ ਵਿਖਾ ਕੇ ਖ਼ਾਲਸਾਈ ਰੰਗ ਬੰਨ੍ਹਿਆ ਗਿਆ। ਇਸ ਮੌਕੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਮੈਂਬਰ ਐਸ.ਜੀ.ਪੀ.ਸੀ., ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਆਦਿ ਹਾਜ਼ਰ ਸਨ।