ਇਤਿਹਾਸਕ ਨਗਰੀ ਵਿਖੇ ਸਜਾਇਆ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਕਰਨਾਲ (ਹਰਿਆਣਾ), 4 ਜਨਵਰੀ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੀ ਇਤਿਹਾਸਕ ਨਗਰੀ ਕਰਨਾਲ ਵਿਖੇ ਸਰਬੰਸਦਾਨੀ, ਸਾਹਿਬ-ਏ-ਕਮਾਲ ਦਸਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਸਭ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਵਿਚ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਫੁੱਲਾਂ ਨਾਲ ਸਜੀ ਪਾਲਕੀ ਸੁਸ਼ੋਭਿਤ ਕਰਕੇ ਸਜਾਇਆ ਗਿਆ ਤੇ ਨਗਰ ਕੀਰਤਨ ਗੁਰਦੁਆਰਾ ਡੇਰਾ ਕਾਰ ਸੇਵਾ ਕੈਲੰਦਰੀ ਗੇਟ ਤੋਂ ਆਰੰਭ ਹੋਇਆ। ਗੁਰਦੁਆਰਾ ਮੰਜੀ ਸਾਹਿਬ ਦੇ ਹੈੱਡ ਗ੍ਰੰਥੀ ਅੰਮ੍ਰਿਤਪਾਲ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਕੇ ਅਤੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਨਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਮੰਜੀ ਸਾਹਿਬ ਵਲੋਂ ਪੰਜਾਂ ਪਿਆਰਿਆਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਨਗਰ ਕੀਰਤਨ ਨੂੰ ਰਵਾਨਾ ਕੀਤਾ ਗਿਆ। ਨਗਰ ਕੀਰਤਨ ਸਰਾਫਾ ਬਾਜ਼ਾਰ, ਕਰਨ ਗੇਟ, ਮਹਾਰਿਸ਼ੀ ਵਾਲਮੀਕਿ ਚੌਕ, ਪੁਰਾਣੀ ਸਬਜ਼ੀ ਮੰਡੀ ਚੌਕ, ਕੁੰਜੂਪੁਰਾ ਰੋਡ, ਸਿਵਲ ਹਸਪਤਾਲ ਚੌਕ, ਮਾਡਲ ਟਾਊਨ, ਨਿਰਮਲ ਕੁਟੀਆ, ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੈਕਟਰ 7, ਮੇਰਠ ਰੋਡ, ਮਹਾਰਾਨਾ ਪ੍ਰਤਾਪ ਚੌਕ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸਮਾਪਤ ਹੋਇਆ।