ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਰਾਮਾ ਮੰਡੀ (ਬਠਿੰਡਾ), 5 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ ਅਤੇ ਇਸ ਨਗਰ ਕੀਰਤਨ ਦਾ ਥਾਂ-ਥਾਂ ਉਤੇ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਇਸ ਦੌਰਾਨ ਸੰਗਤਾਂ ਲਈ ਥਾਂ-ਥਾਂ ਉਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਸ਼ਰਧਾਲੂਆਂ ਵਲੋਂ ਲਗਾਏ ਗਏ। ਨਗਰ ਕੀਰਤਨ ਦੌਰਾਨ ਰਾਗੀ ਜਥੇ ਦੁਆਰਾ ਗੁਰਬਾਣੀ ਕੀਰਤਨ ਤੋਂ ਇਲਾਵਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਖੂਹ ਵਾਲਾ ਚੌਕ, ਗਾਂਧੀ ਚੌਕ ਅਤੇ ਰੇਲਵੇ ਚੌਕ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਅਜੀਤ ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਕਿਹਾ ਕਿ 6 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਰਾਗੀ ਜਥਿਆਂ ਦੁਆਰਾ ਕਥਾ ਕੀਰਤਨ ਤੋਂ ਇਲਾਵਾ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।