ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ
ਫ਼ਿਰੋਜ਼ਪੁਰ, 6 ਜਨਵਰੀ (ਸੁਖਵਿੰਦਰ ਸਿੰਘ) - ਅੱਜ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬੱਸ ਅੱਡੇ 'ਤੇ ਸਵੇਰੇ 4 ਵਜੇ ਤੋਂ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਸੂਬਾ ਪੱਧਰ 'ਤੇ ਹੋਏ ਐਲਾਨ ਦੌਰਾਨ 6,7,8 ਜਨਵਰੀ ਤੱਕ ਚੱਕਾ ਜਾਮ ਕਰਕੇ ਧਰਨਾ ਲਗਾਇਆ ਗਿਆ। ਇਸ ਧਰਨੇ ਵਿਚ ਫ਼ਿਰੋਜ਼ਪੁਰ ਰੋਡਵੇਜ਼ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ. ਦੇ ਯੂਨੀਅਨ ਅਧਿਕਾਰੀਆਂ ਅਤੇ ਮੁਲਾਜ਼ਮਾਂ ਜਥੇਬੰਦੀਆਂ ਦੀਆਂ ਮੰਗਾਂ ਸੰਬੰਧੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਯੂਨੀਅਨ ਦੇ ਆਗੂਆਂ ਅਤੇ ਟਰਾਂਸਪੋਰਟ ਅਧਿਕਾਰੀਆਂ ਦੇ ਵਿਚਕਾਰ ਇਕ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਦੇ ਪ੍ਰਮੁੱਖ ਆਗੂਆਂ ਨੇ ਹਿੱਸਾ ਲਿਆ । ਯੂਨੀਅਨ ਦੇ ਆਗੂ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਉਨਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤੇ ਜਾਣ 'ਤੇ ਐਲਾਨ ਕੀਤਾ ਕਿ 6,7,8 ਜਨਵਰੀ ਨੂੰ ਪੰਜਾਬ ਵਿਚ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ।ਮੰਗਾਂ ਦੀ ਪੂਰਤੀ ਨਾ ਹੋਣ ਤੇ ਯੂਨਿਅਨਾਂ ਨੇ ਫ਼ੈਸਲਾ ਲਿਆ ਕਿ 7 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ 'ਤੇ ਧਰਨਾ ਵੀ ਦਿੱਤਾ ਜਾਵੇਗਾ।