ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ
ਰਾਮਾ ਮੰਡੀ (ਬਠਿੰਡਾ), 6 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ) - ਸ਼ਹਿਰ ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਕਥਾ ਕੀਰਤਨ ਰਾਹੀਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਕਰਮਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਸ ਤੋਂ ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ।