ਮੋੜੇ ਕਲਾਂ ਦੇ ਗੁ. ਕੰਗਾਂ ਵਾਲਾ ਖੂਹ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਚੋਗਾਵਾਂ (ਅੰਮ੍ਰਿਤਸਰ), 6 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੋੜੇ ਕਲਾਂ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਕੰਗਾਂ ਵਾਲਾ ਖੂਹ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ। ਉਪਰੰਤ ਫੁੱਲਾਂ ਨਾਲ ਸ਼ਿੰਗਾਰੀ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਰਾਜਨ ਸਿੰਘ, ਬਾਬਾ ਅਮਰੀਕ ਸਿੰਘ ਛੀਨਾ ਆਦਿ ਵਲੋਂ ਜੈਕਾਰਿਆਂ ਦੇ ਗੂੰਜ ਵਿਚ ਅਰਦਾਸ ਕਰਕੇ ਕੀਤੀ ਗਈ। ਨਗਰ ਕੀਰਤਨ ਵਿਚ ਸੰਗਤਾਂ ਸਤਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਨਾਲ-ਨਾਲ ਜਾ ਰਹੀਆਂ ਸਨ। ਭਾਈ ਸੁਖਰਾਜ ਸਿੰਘ ਆਜ਼ਾਦ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਦੀ ਸਾਂਝ ਪਾਈ। ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਥਾਂ-ਥਾਂ ਉਤੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।