ਪੰਜਾਬ ਨੂੰ ਇਕ ਮਜ਼ਬੂਤ ਤੇ ਨਵੀਂ ਸਿਆਸੀ ਖੇਤਰੀ ਪਾਰਟੀ ਦੀ ਲੋੜ ਹੈ - ਬਾਪੂ ਤਰਸੇਮ ਸਿੰਘ
ਅੰਮ੍ਰਿਤਸਰ, 6 ਜਨਵਰੀ (ਜਸਵੰਤ ਸਿੰਘ ਜੱਸ)-ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਰਾਜਨੀਤਿਕ ਦਸ਼ਾ ਤੇ ਦਿਸ਼ਾ ਨੂੰ ਬਦਲਣ ਦੀ ਲੋੜ ਨੂੰ ਮਹਿਸੂਸ ਕਰਦਿਆਂ ਮਾਘੀ ਮੇਲੇ ਦੇ ਅਵਸਰ ਉਤੇ ਨਵੀਂ ਪੰਥਕ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਅੱਜ ਇਥੇ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਵਲੋਂ ਮਾਘੀ ਮੇਲੇ ਮੌਕੇ ਹੋਣ ਵਾਲੀ ਪੰਥਕ ਕਾਨਫਰੰਸ ਨੂੰ ਰੋਕਣ ਲਈ ਪ੍ਰੋਪੋਗੰਡਾ ਕੀਤਾ ਜਾ ਰਿਹਾ ਹੈ ਜਦੋਂਕਿ ਅਸੀਂ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਹੀ ਇਹ ਕਾਨਫਰੰਸ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਮਜ਼ਬੂਤ ਅਤੇ ਨਵੀਂ ਸਿਆਸੀ ਖੇਤਰੀ ਪਾਰਟੀ ਦੀ ਲੋੜ ਹੈ। ਪਾਰਟੀ ਦਾ ਨਾ ਪੁੱਛੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਸ ਦਾ ਖੁਲਾਸਾ 14 ਜਨਵਰੀ ਨੂੰ ਕਾਨਫਰੰਸ ਦੌਰਾਨ ਕੀਤਾ ਜਾਵੇਗਾ।