ਮੌਸਮ ਵਿਭਾਗ ਵਲੋਂ ਪੰਜਾਬ ’ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ
ਚੰਡੀਗੜ੍ਹ, 8 ਜਨਵਰੀ- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਫਿਲਹਾਲ ਠੰਢ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਅਤੇ ਠੰਢ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਰਾਜ ਵਿਚ ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦੋਂ ਕਿ ਇਹ ਆਮ ਨਾਲੋਂ 3.1 ਡਿਗਰੀ ਘੱਟ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 13.5 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿਚ ਤਾਪਮਾਨ 15.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਦੂਜੇ ਪਾਸੇ ਪੰਜਾਬ ਵਿਚ ਸੰਗਰੂਰ ਵਿਚ ਸਭ ਤੋਂ ਘੱਟ ਤਾਪਮਾਨ ਤਿੰਨ ਡਿਗਰੀ ਦਰਜ ਕੀਤਾ ਗਿਆ ਹੈ। ਇਸ ’ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਅਜੇ ਤੱਕ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।