ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ - ਸ. ਸੁਖਬੀਰ ਸਿੰਘ ਬਾਦਲ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ 70 ਸਾਲ ਰਾਜਨੀਤੀ ਰਾਹੀਂ ਪੰਜਾਬ ਅਤੇ ਪੰਥ ਦੀ ਸੇਵਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਤਰ੍ਹਾਂ ਤਰ੍ਹਾਂ ਦੀਆਂ ਸਾਜ਼ਿਸ਼ਾਂ ਰਚ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਸਾਡਾ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਸਿਰ ਝੁੱਕਦਾ ਰਿਹਾ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਵਾਲਿਆਂ ਦਾ ਸੈਂਟਰ ਦੀਆਂ ਏਜੰਸੀਆਂ ਸਾਹਮਣੇ ਸਿਰ ਝੁੱਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਖਾਤਰ ਪ੍ਰਕਾਸ਼ ਸਿੰਘ ਬਾਦਲ ਵਲੋਂ ਜੇਲ੍ਹਾਂ ਕੱਟੀਆਂ ਗਈਆਂ ਪਰ ਉਸ ਸਮੇਂ ਦੁੱਖ ਲੱਗਦਾ ਹੈ ਜਦੋਂ ਗਲਤ ਦੋਸ਼ ਲਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਤੁਸੀਂ ਸਾਰੇ ਜਾਣਦੇ ਹੋ ਕਿ ਪਿਤਾ ਬਾਦਲ ਸਾਹਿਬ ਨੇ ਕਦੇ ਵੀ ਕਿਸੇ ਦਾ ਮਾੜਾ ਨਹੀਂ ਕੀਤਾ ਅਤੇ ਨਾ ਹੀ ਕਿਸੇ ਬਾਰੇ ਮਾੜਾ ਸ਼ਬਦ ਬੋਲਿਆ ਹੈ ਪਰ ਹੁਣ ਕਿਸੇ ਸਾਜ਼ਿਸ਼ਾਂ ਤਹਿਤ ਮੈਨੂੰ ਅਤੇ ਪਾਰਟੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 104 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਨਹੀਂ ਕੀਤਾ ਜਾ ਸਕਦਾ ਅਤੇ ਅੱਜ ਦਾ ਵੱਡਾ ਇਕੱਠ ਸਾਬਤ ਕਰਦਾ ਹੈ ਕਿ ਤੁਸੀਂ ਸ਼੍ਰੋਮਣੀ ਅਕਾਲੀ ਦਲ ਨੂੰ ਪਿਆਰ ਕਰਦੇ ਹੋ।