ਪੀ.ਟੀ.ਆਈ. ਤੇ ਆਰਟ ਕਰਾਫਟ ਅਧਿਆਪਕਾਂ ਵਲੋਂ ਸੁਨਾਮ 'ਚ ਰੋਸ ਮਾਰਚ
ਸੁਨਾਮ, ਊਧਮ ਸਿੰਘ ਵਾਲਾ/ ਸੰਗਰੂਰ, 14 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਸੰਗਰੂਰ, ਮਾਨਸਾ, ਬਰਨਾਲਾ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਪੀ.ਟੀ.ਆਈ. ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਨੇ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਇਕੱਠੇ ਹੋ ਕੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਪਟਿਆਲਾ ਦੀ ਅਗਵਾਈ ਵਿਚ ਰੋਸ ਮਾਰਚ ਕਰਨ ਉਪਰੰਤ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਤਨਖਾਹ ਕਟੌਤੀ ਬੰਦ ਕਰਨ ਦੀ ਮੰਗ ਨੂੰ ਲੈ ਕੇ ਯਾਦ ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ਕਿਹਾ ਕਿ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵਲੋਂ ਬੀਤੀ 8 ਨਵੰਬਰ ਨੂੰ ਇਕ ਪੱਤਰ ਜ਼ਰੀਏ ਪੀ. ਟੀ.ਆਈ. ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਵਿਜ਼ਨ ਅਤੇ ਰਿਕਵਰੀ ਕਰਨ ਦਾ ਨਾਦਰਸ਼ਾਹੀ ਫਰਮਾਨ ਜਾਰੀ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਡੈਮੋਕਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਵਲੋਂ ਲਗਾਤਾਰ ਸੰਘਰਸ਼ ਵਿੱਢਿਆ ਹੋਇਆ ਹੈ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ 16 ਦਸੰਬਰ ਨੂੰ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਉਪਰੰਤ ਸਿੱਖਿਆ ਮੰਤਰੀ ਵਲੋਂ ਇਸ ਫੈਸਲੇ 'ਤੇ ਰੋਕ ਲਗਾਉਣ ਦਾ ਵਿਸ਼ਵਾਸ ਦਿਵਾਇਆ ਗਿਆ ਸੀ। ਇਸ ਤੋਂ ਬਾਅਦ 8 ਜਨਵਰੀ ਨੂੰ ਡੀ.ਟੀ.ਐਫ. ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਬਣੀ ਕੈਬਨਿਟ ਸਬ-ਕਮੇਟੀ ਨਾਲ ਹੋਈ ਮੀਟਿੰਗ ਵਿਚ ਵੀ ਇਹ ਮਾਮਲਾ ਵਿਚਾਰਨ ਉਪਰੰਤ ਵਿੱਤ ਮੰਤਰੀ ਚੀਮਾ ਵਲੋਂ ਮੀਟਿੰਗ ਵਿਚ ਮੌਜੂਦ ਸਕੂਲ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੂੰ ਇਸ ਮਾਮਲੇ ਵਿਚ ਜਿਥੇ ਕਿਸੇ ਤਰ੍ਹਾਂ ਦੀ ਰਿਕਵਰੀ ਜਾਂ ਤਨਖ਼ਾਹ ਰਵਿਜ਼ਨ ਕਰਨ ਤੋਂ ਰੁਕਣ ਦੀ ਹਦਾਇਤ ਕੀਤੀ ਸੀ, ਉਥੇ ਹੀ ਸਿੱਖਿਆ ਵਿਭਾਗ ਨੂੰ ਆਪਣੇ ਪੱਧਰ 'ਤੇ ਤੁਰੰਤ ਰੋਕ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ ਪਰ ਸਿੱਖਿਆ ਵਿਭਾਗ ਵਲੋਂ ਇਸ ਦੇ ਬਾਵਜੂਦ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੀ. ਟੀ. ਆਈ. ਅਤੇ ਆਰਟ ਕਰਾਫਟ ਅਧਿਆਪਕਾਂ ਤੋਂ ਰਿਕਵਰੀਆਂ ਜਾਂ ਤਨਖ਼ਾਹ ਰਵਿਜ਼ਨ ਕਰਕੇ ਕਟੌਤੀ ਦੇ ਪੱਤਰ ਭੇਜੇ ਜਾ ਰਹੇ ਹਨ।