ਡੱਲੇਵਾਲ ਨੂੰ ਲੈ ਕੇ ਅੱਜ ਹੋਵੇਗੀ ਸੁਪਰੀਮ ਕੋਰਟ ’ਚ ਸੁਣਵਾਈ
ਨਵੀਂ ਦਿੱਲੀ, 15 ਜਨਵਰੀ- ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕੀਤੇ ਗਏ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਬੀਤੇ ਦਿਨ ਪਟਿਆਲਾ ਤੋਂ ਸਰਕਾਰੀ ਡਾਕਟਰਾਂ ਦੀ ਇਕ ਟੀਮ ਨੇ ਡੱਲੇਵਾਲ ਦੀ ਜਾਂਚ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿਚ ਹੋਵੇਗੀ। ਇਸ ਦੇ ਨਾਲ ਹੀ ਅੱਜ ਖਨੌਰੀ ਸਰਹੱਦ ’ਤੇ, 111 ਕਿਸਾਨ ਕਾਲੇ ਕੱਪੜੇ ਪਾ ਕੇ ਦੁਪਹਿਰ 2 ਵਜੇ ਭੁੱਖ ਹੜਤਾਲ ਸ਼ੁਰੂ ਕਰਨਗੇ। ਦੱਸ ਦੇਈਏ ਕਿ ਪੰਜਾਬ ਭਾਜਪਾ ਅੱਜ ਚੰਡੀਗੜ੍ਹ ਵਿਚ ਇਕ ਮੀਟਿੰਗ ਕਰੇਗੀ, ਜਿਸ ਵਿਚ ਫ਼ਸਲਾਂ ਅਤੇ ਹੋਰ ਕਿਸਾਨਾਂ ਦੇ ਮੁੱਦਿਆਂ ’ਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ’ਤੇ ਰਣਨੀਤੀ ਤਿਆਰ ਕੀਤੀ ਜਾਵੇਗੀ।