JALANDHAR WEATHER

ਜਗਜੀਤ ਸਿੰਘ ਡੱਲੇਵਾਲ ਸੰਬੰਧੀ 22 ਜਨਵਰੀ ਨੂੰ ਹੋਵੇਗੀ ਮੁੜ ਸੁਣਵਾਈ- ਸੁਪਰੀਮ ਕੋਰਟ

ਨਵੀਂ ਦਿੱਲੀ, 15 ਜਨਵਰੀ- ਡੱਲੇਵਾਲ ਸੰਬੰਧੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ 51 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਬਾਰੇ ਤੁਲਨਾਤਮਕ ਰਿਪੋਰਟ ਮੰਗੀ ਹੈ, ਤਾਂ ਜੋ ਏਮਜ਼ ਦੇ ਮੈਡੀਕਲ ਬੋਰਡ ਤੋਂ ਸਲਾਹ ਲਈ ਜਾ ਸਕੇ ਤੇ ਸਾਰੀਆਂ ਰਿਪੋਰਟਾਂ ਏਮਜ਼ ਦੇ ਡਾਇਰੈਕਟਰ ਨੂੰ ਭੇਜਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸੰਬੰਧਿਤ ਸਾਰੀਆਂ ਪੁਰਾਣੀਆਂ ਅਤੇ ਮੌਜੂਦਾ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ। ਜਸਟਿਸ ਸੂਰਿਆ ਕਾਂਤ ਅਤੇ ਐਨ.ਕੇ. ਸਿੰਘ ਦੀ ਬੈਂਚ ਸਾਹਮਣੇ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਤੇ ਅਸਥਾਈ ਹਸਪਤਾਲ ਵਿਚ ਤਬਦੀਲ ਕਰਨ ਸੰਬੰਧੀ ਕੁਝ ਪ੍ਰਗਤੀ ਹੋਈ ਹੈ, ਜੋ ਵਿਰੋਧ ਵਾਲੀ ਥਾਂ ਤੋਂ 10 ਮੀਟਰ ਦੀ ਦੂਰੀ ’ਤੇ ਸਥਾਪਿਤ ਕੀਤਾ ਗਿਆ ਹੈ। ਸਿੱਬਲ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਦੇ ਪ੍ਰਤੀਨਿਥੀ ਵੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਿਲ ਰਹੇ ਹਨ। ਜਸਟਿਸ ਸੂਰਿਆਕਾਂਤ ਨੇ ਪੁੱਛਿਆ ਕਿ ਤੁਸੀਂ ਕਹਿ ਰਹੇ ਹੋ ਕਿ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ? ਇਸ ’ਤੇ ਕਪਿਲ ਸਿੱਬਲ ਨੇ ਜਵਾਬ ਦਿੱਤਾ ਕਿ ਡੱਲੇਵਾਲ ਨੇ ਸਾਨੂੰ ਖੂਨ ਦੀ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ’ਤੇ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਕੁਝ ਲੋਕ ਉਨ੍ਹਾਂ (ਡੱਲੇਵਾਲ) ’ਤੇ ਦਬਾਅ ਪਾ ਰਹੇ ਹਨ ਕਿ ਉਹ ਇਸ ਗੱਲ ਦਾ ਵਿਰੋਧ ਨਾ ਕਰਨ ਕਿ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ। ਇਸ ’ਤੇ ਸਿੱਬਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਨਹੀਂ ਹੋ ਰਿਹਾ ਹੈ ਪਰ ਪੰਜਾਬ ਦੇ ਮੁੱਖ ਸਕੱਤਰ ਦੇ ਹਲਫ਼ਨਾਮੇ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ