ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ ਦੀ ਅਗਵਾਈ 'ਚ ਕੱਢਿਆ ਮਹੱਲਾ
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ-ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲੇ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਪੁਰਾਤਨ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ ਅਤੇ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।