ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿਚ ਇਕ ਵਫ਼ਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪੁੱਜਾ ਹੈ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸੰਤਾ ਸਿੰਘ ਉਮੈਦਪੁਰੀ ਸਮੇਤ ਹੋਰ ਆਗੂ ਸ਼ਾਮਿਲ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸ. ਵਡਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਗਠਿਤ ਕੀਤੀ ਗਈ ਸੱਤ ਮੈਂਬਰੀ ਕਮੇਟੀ ਦੁਆਰਾ ਹੀ ਨਵੀਂ ਭਰਤੀ ਕੀਤੀ ਜਾਣੀ ਚਾਹੀਦੀ ਹੈ, ਜੋ ਅਕਾਲੀ ਦਲ ਵਲੋਂ ਪਿਛਲੇ ਦਿਨੀਂ ਮੈਂਬਰਸ਼ਿਪ ਭਰਤੀ ਲਈ ਸਿੰਘ ਸਾਹਿਬਾਂ ਦੇ ਆਦੇਸ਼ਾਂ ਤੋਂ ਮੁਨਕਰ ਹੋ ਕੇ ਅਕਾਲੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਉਹ ਠੀਕ ਨਹੀਂ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਵਲੋਂ ਜਾਰੀ ਹੁਕਮਾਂ ਦਾ ਪਾਲਣ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਾਰੇ ਮਤਭੇਦ ਛੱਡ ਕੇ ਪੰਥਕ ਏਕਤਾ ਹੋਣੀ ਚਾਹੀਦੀ ਹੈ, ਤਾਂ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਪਹਿਲਾਂ ਵਾਂਗ ਮਜ਼ਬੂਤ ਕੀਤਾ ਜਾ ਸਕੇ।