ਧੁੰਦ ਨੂੰ ਲੈ ਕੇ ਪੰਜਾਬ ’ਚ ਆਰੈਂਜ (ਸੰਤਰੀ) ਅਲਰਟ ਜਾਰੀ
ਚੰਡੀਗੜ੍ਹ, 17 ਜਨਵਰੀ- ਪੰਜਾਬ ਵਿਚ ਅੱਜ ਵੀ ਧੁੰਦ ਨੂੰ ਲੈ ਕੇ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਵੀਰਵਾਰ ਰਾਤ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਕੱਲ੍ਹ ਧੁੱਪ ਦੀ ਘਾਟ ਕਾਰਨ ਦਿਨ ਦੇ ਤਾਪਮਾਨ ਵਿਚ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਭਰ ਦੇ ਸ਼ਹਿਰਾਂ ਦਾ ਦਿਨ ਦਾ ਤਾਪਮਾਨ 11 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਰਾਤ 10 ਵਜੇ ਤੋਂ ਹਵਾਈ ਮਾਰਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਅੰਮ੍ਰਿਤਸਰ ਵਿਚ ਰਾਤ 10 ਵਜੇ ਤੋਂ ਬਾਅਦ ਦਿੱਸਣਯੋਗਤਾ ਬਿਲਕੁੱਲ ਘੱਟ ਹੋ ਗਈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿਚ ਸੰਘਣੀ ਧੁੰਦ ਦੇ ਸੰਬੰਧ ਵਿਚ ਇਕ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦਿੱਸਣਯੋਗਤਾ 50 ਮੀਟਰ ਜਾਂ ਘੱਟ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ਵਿਚ ਧੁੰਦ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।