ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਸਿਨੇਮਾ ਘਰਾਂ ਦੇ ਬਾਹਰ ਰੋਸ ਧਰਨੇ
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)- ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸ ਨਾਲ ਸੰਬੰਧਿਤ ਸੰਸਥਾਵਾਂ ਵਲੋਂ ਵੱਖ-ਵੱਖ ਸਿਨੇਮਾ ਘਰਾਂ ਦੇ ਬਾਹਰ, ਜਿੱਥੇ ਕਿ ਇਹ ਫਿਲਮ ਲੱਗਣ ਦੀ ਸੰਭਾਵਨਾ ਹੈ, ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਅੰਮ੍ਰਿਤਸਰ ਸ਼ਹਿਰ ਦੇ ਇਕ ਵੱਡੇ ਸਿਨੇਮਾ ਘਰ ਦੇ ਬਾਹਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਤੇ ਹੋਰਨਾਂ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੈਨੇਜਰ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਸ਼ਾਮਿਲ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸ਼ਹਿਰ ਦੇ ਦੋ ਹੋਰ ਸਿਨੇਮਾ ਘਰਾਂ ਦੇ ਬਾਹਰ ਵੀ ਰੋਸ ਧਰਨੇ ਦਿੱਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਫ਼ਿਲਮ ਪੰਜਾਬ ਵਿਚ ਰਿਲੀਜ਼ ਨਹੀਂ ਕਰਨ ਦਿੱਤੀ ਜਾਵੇਗੀ।