ਡੀ.ਸੀ. ਅਤੇ ਐਸ.ਪੀ. ਨੂੰ ਆਪਸੀ ਤਾਲਮੇਲ ਬਣਾਈ ਰੱਖਣਾ ਚਾਹੀਦਾ ਹੈ - ਮੁੱਖ ਮੰਤਰੀ ਸੈਣੀ
ਕਰਨਾਲ, 17 ਜਨਵਰੀ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡੀ.ਸੀ. ਅਤੇ ਐਸ.ਪੀ. ਨੂੰ ਆਪਸੀ ਤਾਲਮੇਲ ਬਣਾਈ ਰੱਖਣਾ ਚਾਹੀਦਾ ਹੈ। ਉਹ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਅਤੇ ਐਸਪੀਜ਼ ਨਾਲ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿਚ ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਸੂਬੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।ਇਨ੍ਹਾਂ ਤਿੰਨਾਂ ਨਵੇਂ ਅਪਰਾਧਿਕ ਕਾਨੂੰਨਾਂ ਅਨੁਸਾਰ ਸਿਸਟਮ ਵਿਚ ਬੁਨਿਆਦੀ ਤਬਦੀਲੀਆਂ ਕਰਨੀਆਂ ਪੈਣਗੀਆਂ। ਲਗਭਗ 445 ਅਦਾਲਤਾਂ ਵਿਚ ਵੀਡੀਓ ਕਾਨਫਰੰਸਿੰਗ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਕੈਦੀਆਂ ਨੂੰ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ। ਈ-ਸੰਮਨ ਅਤੇ ਈ-ਚਲਾਨ ਦੀ ਪ੍ਰਣਾਲੀ ਅਪਣਾਉਣੀ ਪਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਸੂਬੇ ਦੇ ਸਾਰੇ ਥਾਣਿਆਂ ਵਿਚ ਸੀਸੀਟੀਵੀ ਲਗਾਏ ਜਾਣ। ਮੁੱਖ ਸਕੱਤਰ ਪੂਰੇ ਰਾਜ ਵਿਚ ਸੀਸੀਟੀਵੀ ਦਾ ਇਕ ਸਾਂਝਾ ਫਾਰਮੈਟ ਨਿਰਧਾਰਤ ਕਰੇਗਾ। ਪੁਲਿਸ ਨੂੰ ਗੰਨ ਕਲਚਰ ਜਾਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ।ਨੌਜਵਾਨਾਂ ਨਾਲ ਵੱਧ ਤੋਂ ਵੱਧ ਗੱਲਬਾਤ ਕਰਕੇ ਉਨ੍ਹਾਂ ਨੂੰ ਸਕਰਾਤਮਕ ਦਿਸ਼ਾ ਵੱਲ ਲੈ ਕੇ ਆਉ ।ਮੀਟਿੰਗ ਵਿਚ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ, ਮੁੱਖ ਸਕੱਤਰ ਵਿਵੇਕ ਜੋਸ਼ੀ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਅਰੁਣ ਗੁਪਤਾ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਸੁਮਿਤਾ ਮਿਸ਼ਰਾ, ਕਈ ਪ੍ਰਸ਼ਾਸਨਿਕ ਸਕੱਤਰ ਅਤੇ ਸੀਨੀਅਰ ਪੁਲੀਸ ਅਧਿਕਾਰੀ ਹਾਜ਼ਰ ਸਨ।