ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਚਾਹੁੰਦੇ ਹਾਂ ਮਜ਼ਬੂਤੀ- ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ
ਅੰਮ੍ਰਿਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਪਿਛਲੇ ਦਿਨੀਂ ਅਕਾਲ ਤਖਤ ਸਾਹਿਬ ਤੋਂ ਬਣਾਈ ਗਈ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਭਰਤੀ ਸੰਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਮੇਟੀ ਦੇ ਮੈਂਬਰ ਨਾਰਾਜ਼ ਧੜੇ ਦੇ ਨਾਲ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਅਕਾਲ ਤਖ ਸਕੱਤਰੇਤ ਵਿਖੇ ਪੁੱਜੇ। ਕਰੀਬ ਇਕ ਘੰਟਾ ਜਥੇਦਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਥੇਦਾਰ ਵਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੰਘ ਸਾਹਿਬ ਨਾਲ ਅਕਾਲੀ ਦਲ ਦੀ ਅੱਜ ਤੋਂ ਸ਼ੁਰੂ ਹੋ ਰਹੀ ਮੈਂਬਰਸ਼ਿਪ ਭਰਤੀ ਮੁਹਿੰਮ ਸੰਬੰਧੀ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਵਿਸ਼ਵਾਸ ਦਿਵਾਇਆ ਹੈ ਕਿ ਇਹ ਭਰਤੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਦੁਆਰਾ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਚਾਹੁੰਦੇ ਹਾਂ ਤੇ ਸਾਰੀਆਂ ਧਿਰਾਂ ਨੂੰ ਅਕਾਲ ਤਖਤ ਸਾਹਿਬ ਵਲੋਂ ਜਾਰੀ ਹੁਕਮਾਂ ਦੀ ਇਨ ਬਿਨ ਪਾਲਣਾ ਕਰਨੀ ਚਾਹੀਦੀ ਹੈ। ਇੱਥੇ ਜ਼ਿਕਰਯੋਗ ਹੈ ਕਿ ਪ੍ਰਧਾਨ ਐਡਵੋਕੇਟ ਧਾਮੀ ਜਥੇਦਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਬਿਨਾਂ ਗੱਲਬਾਤ ਕੀਤੇ ਚਲੇ ਗਏ।