ਨਗਰ ਪੰਚਾਇਤ ਮੰਡੀ ਬਰੀਵਾਲਾ ਦੀ ਸਰਬਸੰਮਤੀ ਨਾਲ ਹੋਈ ਚੋਣ
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਇਕਲੌਤੀ ਨਗਰ ਪੰਚਾਇਤ ਮੰਡੀ ਬਰੀਵਾਲਾ ਦੀ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀ ਹਾਜ਼ਰੀ ਵਿਚ ਚੋਣ ਹੋਈ, ਜਿਸ ਵਿਚ ਵਾਰਡ ਨੰਬਰ 10 ਤੋਂ ਕੌਂਸਲਰ ਕੇਵਲ ਕ੍ਰਿਸ਼ਨ ਨੂੰ ਪ੍ਰਧਾਨ ਚੁਣਿਆ ਗਿਆ ਜਦਕਿ ਵਾਰਡ ਨੰਬਰ 2 ਤੋਂ ਬਲਵਿੰਦਰ ਸਿੰਘ ਖਾਲਸਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਵਾਰਡ ਨੰਬਰ 7 ਤੋਂ ਕੌਂਸਲਰ ਲਤਾ ਰਾਣੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਾਰ ਪਹਿਨਾ ਕੇ ਨਵੇਂ ਚੁਣੇ ਅਹੁਦੇਦਾਰਾਂ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਮੰਡੀ ਬਰੀਵਾਲਾ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਬਿਨ੍ਹਾਂ ਪੱਖਪਾਤ ਤੋਂ ਮੰਡੀ ਬਰੀਵਾਲਾ ਦੇ ਵਿਕਾਸ ਲਈ ਕੰਮ ਕਰੇਗੀ। ਸਮੂਹ ਆਗੂਆਂ ਤੇ ਵਰਕਰਾਂ ਨੇ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਹੋਣ ਉਤੇ ਖੁਸ਼ੀ ਪ੍ਰਗਟ ਕੀਤੀ ਅਤੇ ਸਾਰੇ ਅਹੁਦੇਦਾਰਾਂ ਤੇ ਕੌਂਸਲਰਾਂ ਨੂੰ ਵਧਾਈ ਦਿੱਤੀ।