ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਦਾਇਰ ਕਰ ਗਣਤੰਤਰ ਦਿਵਸ ਪਰੇਡ ਤੇ ਸੰਸਦ ਸੈਸ਼ਨ ’ਚ ਜਾਣ ਦੀ ਕੀਤੀ ਮੰਗ
ਚੰਡੀਗੜ੍ਹ, 23 ਜਨਵਰੀ- ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਪਰੇਡ ਦੇਖਣ ਦੇ ਨਾਲ-ਨਾਲ ਸੰਸਦ ਸੈਸ਼ਨ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ ਦੇ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿਚ ਬੰਦ ਹੈ। ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਹੈ ਕਿ ਗਣਤੰਤਰ ਦਿਵਸ ਅਤੇ ਸੰਸਦ ਸੈਸ਼ਨ ਵਿਚ ਉਨ੍ਹਾਂ ਦੀ ਭਾਗੀਦਾਰੀ ਨਿਆਂ ਅਤੇ ਸਮਾਨਤਾ ਦੇ ਹਿੱਤ ਵਿਚ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਰਾਸ਼ਟਰੀ ਮਹੱਤਵ ਵਾਲੇ ਇਨ੍ਹਾਂ ਪ੍ਰੋਗਰਾਮਾਂ ਵਿਚ ਉਸ ਦੀ ਮੌਜੂਦਗੀ ਜਨਤਕ ਹਿੱਤ ਦਾ ਵਿਸ਼ਾ ਹੈ। ਅੰਮ੍ਰਿਤਪਾਲ ਨੇ ਪਟੀਸ਼ਨ ਰਾਹੀਂ ਮੰਗ ਕੀਤੀ ਹੈ ਕਿ ਅਦਾਲਤ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੋਗਰਾਮਾਂ ਵਿਚ ਉਸ ਨੂੰ ਹਿੱਸਾ ਲੈਣ ਦੀ ਇਜਾਜ਼ਤ ਦੇਣ ਲਈ ਕਹੇ। ਉਨ੍ਹਾਂ ਕਿਹਾ ਕਿ ਇਕ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਸੰਵਿਧਾਨਕ ਫ਼ਰਜ਼ ਹੈ ਕਿ ਉਹ ਸੰਸਦ ਦੇ ਸੈਸ਼ਨਾਂ ਵਿਚ ਸ਼ਾਮਿਲ ਹੋਣ ਅਤੇ ਸੰਸਦ ਵਿਚ ਜਨਤਕ ਮੁੱਦੇ ਉਠਾਉਣ। ਪਟੀਸ਼ਨ ਵਿਚ ਅੰਮ੍ਰਿਤਪਾਲ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਹੋਰਾਂ ਨੂੰ ਧਿਰ ਬਣਾਇਆ ਹੈ, ਹਾਲਾਂਕਿ ਇਸ ਨੂੰ ਅਜੇ ਸੂਚੀਬੱਧ ਨਹੀਂ ਕੀਤਾ ਗਿਆ ਹੈ।