ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਦੇ ਬੈਨਰ ਹੇਠ ਕਾਂਗਰਸ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਮਾਰਚ
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਦੇ ਬੈਨਰ ਹੇਠ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਮਾਰਚ ਕੱਢਿਆ ਗਿਆ, ਜਿਸ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰਾ ਡਾਲਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਵਲੋਂ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਦੇਸ਼ ਭਰ ਵਿਚ 26 ਜਨਵਰੀ ਤੱਕ ਇਹ ਰੋਸ ਮਾਰਚ ਕੱਢੇ ਜਾ ਰਹੇ ਹਨ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਗੁਰਵੀਰ ਸਿੰਘ ਕਾਕੂ ਸੀਰਵਾਲੀ, ਭਿੰਦਰ ਸ਼ਰਮਾ, ਨਵਦੀਪ ਕੌਰ ਸੰਧੂ ਅਤੇ ਹੋਰ ਆਗੂ ਹਾਜ਼ਰ ਸਨ।