ਐਡਵੋਕੇਟ ਧਾਮੀ ਵਲੋਂ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਮੱਤੇਵਾਲ ਨੇ ਕਾਨੂੰਨੀ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਅਤੇ ਐਡਵੋਕੇਟ ਜਨਰਲ ਵਜੋਂ ਪੰਜਾਬ ਦੇ ਹਿੱਤਾਂ ਹੱਕਾਂ ਲਈ ਅਹਿਮ ਕਾਰਜ ਕੀਤੇ ਹਨ। ਪ੍ਰਧਾਨ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਵਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਡੇਢ ਦਹਾਕੇ ਤੋਂ ਵੱਧ ਨਿਸ਼ਕਾਮ ਤੌਰ ’ਤੇ ਦਿੱਤੀਆਂ ਕਾਨੂੰਨੀ ਸੇਵਾਵਾਂ ਨੂੰ ਵੀ ਭੁਲਾਇਆ ਨਹੀਂ ਜਾ ਸਕਦਾ। ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।