![](/cmsimages/20250211/4776962__a.jpg)
ਅੰਮ੍ਰਿਤਸਰ, 11 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਅੱਜ ਸਵੇਰੇ ਜਾਰੀ ਬਿਆਨ ਵਿਚ ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਅੱਜ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰੰਤੂ ਸ. ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦੀ ਤਾਰੀਖ ਤਬਦੀਲ ਕੀਤੀ ਗਈ ਹੈ। ਹੁਣ ਇਹ ਇਕੱਤਰਤਾ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਵਲੋਂ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸੰਬੰਧੀ ਗਠਿਤ ਕੀਤੀ ਗਈ ਸੱਤ ਮੈਂਬਰੀ ਕਮੇਟੀ ਦੀ ਅੱਜ 11 ਫਰਵਰੀ ਨੂੰ ਰੱਖੀ ਗਈ ਮੀਟਿੰਗ, ਸ਼ੁਰੂ ਹੋਣ ਤੋਂ ਕੁਝ ਘੰਟੇ ਪਹਿਲਾਂ ਅਚਾਨਕ ਮੁਲਤਵੀ ਕੀਤੀ ਗਈ ਹੈ।