![](/cmsimages/20250213/4778989__a.jpg)
![](/cmsimages/20250213/4778989__aa.jpg)
ਅੰਮ੍ਰਿਤਸਰ, 13 ਫਰਵਰੀ (ਜਸਵੰਤ ਸਿੰਘ ਜੱਸ)- ਦਿੱਲੀ ਦੀ ਇਕ ਮਾਣਯੋਗ ਅਦਾਲਤ ਵਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੀਨੀਅਰ ਐਡਵੋਕੇਟ ਐਚ. ਐਸ. ਫੂਲਕਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ। ਸ. ਫੂਲਕਾ ਨੂੰ ਭਗਵੰਤ ਸਿੰਘ ਸਿਆਲਕਾ ਮੈਂਬਰ ਐਸ.ਜੀ.ਪੀ.ਸੀ. ਅਤੇ ਪ੍ਰਤਾਪ ਸਿੰਘ ਸਕੱਤਰ ਐਸ.ਜੀ.ਪੀ.ਸੀ. ਵਲੋਂ ਸੂਚਨਾ ਕੇਂਦਰ ਵਿਖੇ ਸਿਰੋਪਾਓ, ਸ਼ਾਲ, ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁੰਦਰ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੈਸ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਫੂਲਕਾ ਨੇ ਕਿਹਾ ਕਿ ਅੱਜ ਇੱਥੇ ਗੁਰੂ ਸਾਹਿਬ ਦਾ ਧੰਨਵਾਦ ਕਰਨ ਲਈ ਆਏ ਹਾਂ ਕਿਉਂਕਿ ਸਾਨੂੰ ਸੱਜਣ ਕੁਮਾਰ ਦੇ ਮਾਮਲੇ ਵਿਚ ਇਨਸਾਫ਼ ਮਿਲਿਆ ਹੈ, ਜਿਸਦਾ ਦੋਸ਼ ਸਾਬਤ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਅਸੀਂ ਕਮਲਨਾਥ ਤੇ ਜਗਦੀਸ਼ ਟਾਈਟਲਰ ਨੂੰ ਵੀ ਸਜ਼ਾ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ, ਕਿਉਂਕਿ ਉਹ ਵੀ ਦੰਗਿਆਂ ਦੇ ਦੋਸ਼ੀਆਂ ਵਿਚੋਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕਤਲ-ਏ-ਆਮ ਦੇ ਪਿੱਛੇ ਦੇ ਮਾਸਟਰਮਾਈਂਡ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ, ਕਿਉਂਕਿ ਇਸ ਦੌਰਾਨ 2700 ਤੋਂ ਵੱਧ ਸਿੱਖਾਂ ਦਾ ਕਤਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਉਮੀਦ ਹੈ ਕਿ ਮਾਨਯੋਗ ਅਦਾਲਤ ਵਲੋਂ 18 ਫਰਵਰੀ ਨੂੰ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇਗੀ।