ਮਜ਼ਦੂਰਾਂ ਵਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਜਾਮ


ਮਹਿਲ ਕਲਾਂ, (ਬਰਨਾਲਾ), 15 ਫਰਵਰੀ (ਅਵਤਾਰ ਸਿੰਘ ਅਣਖੀ)- ਭਾਈ ਲਾਲੋ ਪੰਜਾਬੀ ਮੰਚ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੁਧਿਆਣਾ ਬਠਿੰਡਾ ਮੁੱਖ ਮਾਰਗ ਮਹਿਲ ਕਲਾਂ ਵਿਖੇ ਜਾਮ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਚ ਦੇ ਆਗੂਆਂ ਵਿਚਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਗੱਲਬਾਤ ਚੱਲ ਰਹੀ ਸੀ, ਜੋ ਕਿਸੇ ਸਿੱਟੇ ’ਤੇ ਨਹੀਂ ਪਹੁੰਚ ਸਕੀ, ਜਿਸ ਤੋਂ ਬਾਅਦ ਅੱਜ ਦਿੱਤੇ ਪ੍ਰੋਗਰਾਮ ਅਨੁਸਾਰ ਮਜ਼ਦੂਰਾਂ ਨੇ ਚੱਕਾ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਇਸ ਵੱਡੇ ਰੋਸ਼ ਪ੍ਰਦਰਸ਼ਨ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਕਰਮੀ ਮਹਿਲ ਕਲਾਂ ਬੱਸ ਸਟੈਂਡ ’ਤੇ ਤਾਇਨਾਤ ਕੀਤੇ ਗਏ ਹਨ।