ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਵਲੋਂ ਮੁੱਖ ਮੰਤਰੀ ਦੇ ਨਾਂਅ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦਿੱਤਾ ਮੰਗ ਪੱਤਰ

ਭੁਲੱਥ, (ਕਪੂਰਥਲਾ), 17 ਫਰਵਰੀ (ਮੇਹਰ ਚੰਦ ਸਿੱਧੂ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ’ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੰਗ ਪੱਤਰ ਦਿੱਤਾ ਗਿਆ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਵਲੋਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਪ੍ਰਤੀਨਿਧਤਾ ਕਰਦੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੌਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਸਾਂਝਾ ਫਰੰਟ ਆਮ ਆਦਮੀ ਪਾਰਟੀ ਤੋਂ ਮੰਗ ਕਰਦਾ ਹੈ ਕਿ ਨੱਥੀ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਨਿਪਟਾਰਾ ਕਰਨ ਹਿੱਤ ਸਾਂਝਾ ਫਰੰਟ ਨੂੰ ਪੈਨਲ ਮੀਟਿੰਗ ਦਿੱਤੀ ਜਾਵੇ ਨਹੀਂ ਤਾਂ ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਬਜਟ ਸੈਸ਼ਨ (2025-26) ਦੌਰਾਨ ਰੋਜ਼ਾਨਾ ਰੋਸ ਪ੍ਰਦਰਸਨ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।