
ਅੰਮ੍ਰਿਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਨ ਦੀ ਸੰਭਾਵਨਾ ਹੈ। ਇੱਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਧਾਮੀ ਨੇ ਕੁਝ ਦਿਨ ਪਹਿਲਾਂ ਜਥੇਦਾਰ ਵਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਪੋਸਟ ਦਾ ਹਵਾਲਾ ਦਿੰਦਿਆਂ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਕਨਵੀਨਰ ਵਜੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਸਮਝਿਆ ਜਾਂਦਾ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਹੁਣ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਸੰਬੰਧੀ ਮੁੜ ਅਪੀਲ ਕਰਨ ਦੇ ਨਾਲ ਨਾਲ ਪੰਥਕ ਮਾਮਲਿਆਂ ਸੰਬੰਧੀ ਵਿਚਾਰ ਚਰਚਾ ਵੀ ਕਰਨਗੇ।