
ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਨਿੱਕੂਵਾਲ/ਸੈਣੀ)-ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਵਿਚ ਗ਼ੈਰ-ਰਜਿਸਟਰਡ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਰਜਿਸਟਰਡ ਮਾਈਨਿੰਗ ਸਾਈਟਾਂ, ਮਹੱਤਵਪੂਰਨ ਰੂਟਾਂ ਅਤੇ ਹੋਟਸਪੋਟਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਮੇਤ ਹੋਰ ਕਈ ਅਹਿਮ ਹੁਕਮ ਜਾਰੀ ਕੀਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਗੈਰ-ਰਜਿਸਟਰਡ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਅਣਅਧਿਕਾਰਤ ਥਾਵਾਂ 'ਤੇ ਕੋਈ ਜਨਰੇਟਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਸਾਰੇ ਰਜਿਸਟਰਡ ਕਰੱਸ਼ਰਾਂ 'ਤੇ 360-ਡਿਗਰੀ ਵਿਊ ਵਾਲੇ ਹਾਈ-ਰੈਜ਼ੋਲਿਊਸ਼ਨ ਨਾਈਟ ਵਿਜ਼ਨ ਕਲੋਜ਼ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮਾਈਨਿੰਗ ਸਮੱਗਰੀ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਸਾਰੇ ਮਹੱਤਵਪੂਰਨ ਰੂਟਾਂ ਅਤੇ ਗੈਰ-ਕਾਨੂੰਨੀ ਮਾਈਨਿੰਗ ਲਈ ਹੋਟਸਪੋਟ ਵਜੋਂ ਪਛਾਣੇ ਗਏ ਖੇਤਰਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਵੀ ਕਿਹਾ। ਮਾਈਨਿੰਗ ਗਤੀਵਿਧੀਆਂ ਵਿਚ ਪਾਰਦਰਸ਼ਤਾ ਵਧਾਉਣ ਲਈ ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਉਨ੍ਹਾਂ ਕਰੱਸ਼ਰਾਂ ਦੇ ਪਿਛਲੇ ਤਿੰਨ ਮਹੀਨਿਆਂ ਦੇ ਰਿਕਾਰਡ ਦੀ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ ਜਿਨ੍ਹਾਂ ਵਿਰੁੱਧ ਸਥਾਨਕ ਲੋਕਾਂ ਵਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਜਾਂਚ 15 ਦਿਨਾਂ ਦੇ ਅੰਦਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ।