
ਅਜਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਬਾਹਰਵਾਰ ਸੱਕੀ ਪੁਲ ਨਜ਼ਦੀਕ ਦੇਰ ਸ਼ਾਮ ਅਣਪਛਾਤੇ ਨੌਜਵਾਨਾਂ ਵਲੋਂ ਅਜਨਾਲਾ ਤੋਂ ਰਮਦਾਸ ਵਾਲੀ ਸਾਈਡ ਨੂੰ ਜਾ ਰਹੀ ਬੱਸ ਨੂੰ ਰੋਕ ਕੇ ਉਸ 'ਤੇ ਪੱਥਰਬਾਜ਼ੀ ਕੀਤੀ ਅਤੇ ਕੰਡਕਟਰ ਦਾ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਬੱਸ ਵਿਚ ਬੈਠੀਆਂ ਸਵਾਰੀਆਂ ਤੇ ਡਰਾਈਵਰ ਕੰਡਕਟਰ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਅਜਨਾਲਾ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ. ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।