
ਅਜਨਾਲਾ (ਅੰਮ੍ਰਿਤਸਰ), 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਰਾਜਾਸਾਂਸੀ ਦੇ ਕਈ ਇਲਾਕਿਆਂ ਵਿਚ ਹੋਈ ਭਾਰੀ ਗੜੇਬਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਵਲੋਂ ਅੱਜ ਰਾਜਾਸਾਂਸੀ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਲੋਪੋਕੇ ਸ਼੍ਰੀਮਤੀ ਅਮਨਪ੍ਰੀਤ ਕੌਰ ਘੁੰਮਣ, ਮੁੱਖ ਖੇਤੀਬਾੜੀ ਅਧਿਕਾਰੀ ਸੁਰਿੰਦਰ ਪਾਲ ਸਿੰਘ, ਹਰਸ਼ਾ ਛੀਨਾ ਬਲਾਕ ਦੇ ਖੇਤੀਬਾੜੀ ਅਫਸਰ ਸਤਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਨਾਲ ਸਨ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਨੇ ਕਿਹਾ ਕਿ ਮਾਲ ਵਿਭਾਗ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਅਤੇ ਕਿਸਾਨਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਸਰਕਾਰ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਟੀਮਾਂ ਸਾਰੇ ਪੀੜਤ ਪਿੰਡਾਂ ਦੇ ਵਿਚ ਪਹੁੰਚ ਕਰ ਰਹੀਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਜੇਕਰ ਕਿਸੇ ਨੂੰ ਵੀ ਕੋਈ ਸਹਾਇਤਾ ਦੀ ਲੋੜ ਹੈ ਜਾਂ ਆਪਣੀ ਫਸਲ ਦੇ ਨੁਕਸਾਨ ਸਬੰਧੀ ਕੁਝ ਵੀ ਦੱਸਣਾ ਚਾਹੁੰਦੇ ਹਨ ਤਾਂ ਇਸ ਹੈਲਪਲਾਈਨ ਨੰਬਰ 9815828858 ਉਤੇ ਵੀ ਸੰਪਰਕ ਕਰ ਸਕਦੇ ਹੋ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਗਿਰਦਾਵਰੀ ਛੇਤੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।