

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 4 ਮਾਰਚ (ਹੀਰਾ ਸਿੰਘ ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਸਲਾਨਾ ਜੋੜ ਮੇਲੇ ਨੂੰ ਲੈ ਕੇ ਵੱਡੀ ਗਿਣਤੀ ਵਿਚ ਸੰਗਤਾਂ ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਰਹੀਆਂ ਹਨ। ਜਿਸ ਨਾਲ ਜਿੱਥੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ੍ਰੀ ਚੋਲਾ ਸਾਹਿਬ, ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਪੱਖੋਕੇ ਟਾਹਲੀ ਸਾਹਿਬ ਤੇ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਚੰਦੂ ਨੰਗਲ ਵਿਚ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ, ਉੱਥੇ ਹੀ ਕਸਬੇ ਦੇ ਵੱਖ ਵੱਖ ਬਾਜ਼ਾਰਾਂ ਵਿਚ ਵੀ ਰੌਣਕਾਂ ਲੱਗੀਆਂ ਹੋਈਆਂ ਹਨ। ਸ੍ਰੀ ਚੋਲਾ ਸਾਹਿਬ ਦੇ ਮੇਲੇ ਨੂੰ ਲੈ ਕੇ ਸੰਗਤਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦੁਆਬੇ ਦੀ ਧਰਤੀ ਤੋਂ ਚੱਲਿਆ ਪੈਦਲ ਸੰਗ ਵੀ ਅੱਜ ਦੇਰ ਸਾਮ ਡੇਰਾ ਬਾਬਾ ਨਾਨਕ ਵਿਖੇ ਪੁੱਜੇਗਾ, ਜਿਸ ਦਾ ਡੇਰਾ ਬਾਬਾ ਨਾਨਕ ਵਿਖੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਾਰ ਸੇਵਾ ਵਾਲੇ ਮਹਾਂਪੁਰਖਾਂ, ਵੱਖ ਵੱਖ ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ, ਤੇ ਰਾਜਨੀਤਿਕ ਆਗੂਆਂ ਤੋਂ ਇਲਾਵਾ ਸਥਾਨਕ ਲੋਕਾਂ ਵਲੋਂ ਇਸ ਸੰਗ ਦਾ ਵੱਖ ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ।