ਹਿਰਾਸਤ ਵਿਚ ਲਏ ਕਿਸਾਨਾਂ ਨੂੰ ਮਿਲਣ ਪਹੁੰਚੇ ਚਰਨਜੀਤ ਸਿੰਘ ਚੰਨੀ

ਚਮਕੌਰ ਸਾਹਿਬ, (ਰੋਪੜ), 5 ਮਾਰਚ- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਯਾਨੀ 5 ਮਾਰਚ ਤੋਂ ਚੰਡੀਗੜ੍ਹ ਵੱਲ ਮਾਰਚ ਕਰਕੇ ਚੰਡੀਗੜ੍ਹ ਵਿਚ ਇਕ ਸਥਾਈ ਕੈਂਪ ਲਗਾਉਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਚੰਡੀਗੜ੍ਹ ਵੱਲ ਮਾਰਚ ਤੋਂ ਇਕ ਦਿਨ ਪਹਿਲਾਂ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ। ਜਿਸ ਕਾਰਨ ਕਿਸਾਨਾਂ ਨੇ ਭਾਰੀ ਵਿਰੋਧ ਕੀਤਾ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਕਿਸਾਨਾਂ ਦੀ ਹਿਰਾਸਤ ਦੀ ਵੀ ਸਖ਼ਤ ਆਲੋਚਨਾ ਕੀਤੀ। ਇਸ ਦੌਰਾਨ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇਰ ਰਾਤ ਚਮਕੌਰ ਸਾਹਿਬ ਦੇ ਘੜੂੰਆਂ ਥਾਣੇ ਵਿਚ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪਹੁੰਚੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਦੇ ਨਾਲ ਹੀ ਉਸਨੇ ਥਾਣਾ ਇੰਚਾਰਜ ਨਾਲ ਫ਼ੋਨ ’ਤੇ ਗੱਲ ਕੀਤੀ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ, ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਵਿਰੁੱਧ ਹਿੰਸਾ ਅਤੇ ਦਮਨ ਦਾ ਸਹਾਰਾ ਲਿਆ ਹੈ। ਜਿਸ ਤਹਿਤ ਪੰਜਾਬ ਭਰ ਵਿਚੋਂ ਕਿਸਾਨ ਆਗੂਆਂ ਨੂੰ ਚੁੱਕ ਕੇ ਥਾਣਿਆਂ ਅਤੇ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ।