ਕਿਸਾਨਾਂ ਨੂੰ ਚੰਡੀਗੜ੍ਹ ’ਚ ਆਉਣ ਤੋਂ ਰੋਕਣ ਲਈ ਪੁਲਿਸ ਸਖ਼ਤ

ਚੰਡੀਗੜ੍ਹ, 5 ਮਾਰਚ (ਅਜਾਇਬ ਸਿੰਘ ਔਜਲਾ/ਬਲਵਿੰਦਰ ਸਿੰਘ)- ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਚੰਡੀਗੜ੍ਹ ’ਚ ਧਰਨਾ ਦੇਣ ਦੀ ਅਜੇ ਤੱਕ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਦੂਜੇ ਪਾਸੇ ਕਿਸਾਨਾਂ ਦੇ ਜਥੇ ਚੰਡੀਗੜ੍ਹ ਵੱਲ ਕੂਚ ਕਰ ਚੁੱਕੇ ਹਨ ਜਦਕਿ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੰਜਾਬ ਵਲੋਂ ਦੇ ਸਾਹਮਣੇ ਦੋ ਚੰਡੀਗੜ੍ਹ ਦੇ ਮੁੱਖ ਦੁਆਰ ਜੋ ਪੰਜਾਬ ਨੂੰ ਚੰਡੀਗੜ੍ਹ ਨਾਲ ਜੋੜਦੇ ਹਨ, ਉੱਤੇ ਟਿੱਪਰ ਅਤੇ ਹੋਰ ਰੋਕਾਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਕਿਸਾਨ ਚੰਡੀਗੜ੍ਹ ਵਿਚ ਦਾਖ਼ਲ ਨਾ ਹੋ ਸਕਣ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਜਿੱਥੇ ਪੁਲਿਸ ਉਨ੍ਹਾਂ ਨੂੰ ਰੋਕੇਗੀ ਉੱਥੇ ਹੀ ਧਰਨਾ ਦੇ ਦੇਣਗੇ। ਇਸੇ ਦੌਰਾਨ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਬਹੁਤ ਸਾਰਿਆਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕੀਤਾ ਗਿਆ ਹੈ ਪਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦ੍ਰਿੜ ਹਨ। ਦੱਸ ਦੇਈਏ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣ ਲਈ ਪਿੰਡ ਪੱਧਰ ਤੇ ਲਿੰਕ ਰੋਡ ਤੇ ਮੁੱਖ ਸੜਕਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਵਲੋਂ ਬੱਸਾਂ ਨੂੰ ਰੋਕ ਕੇ ਵੀ ਜਾਂਚ ਕੀਤੀ ਜਾ ਰਹੀ ਹੈ।