JALANDHAR WEATHER

ਕਾਨੂੰਨੀ ਤਰੀਕੇ ਨਾਲ ਕੀਤੀ ਜਾ ਰਹੀ ਹੈ ਇਮਾਰਤਾਂ ਢਾਹੁਣ ਦੀ ਪ੍ਰਕਿਰਿਆ- ਅਮਨ ਅਰੋੜਾ

ਜਲੰਧਰ, 6 ਮਾਰਚ- ਅੱਜ ਪੰਜਾਬ ਦੇ ‘ਆਪ’ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ, ਡੀ.ਸੀ. ਹਿਮਾਂਸ਼ੂ ਅਗਰਵਾਲ ਅਤੇ ਹੋਰ ਅਧਿਕਾਰੀਆਂ ਨੇ ਨਸ਼ਿਆਂ ਵਿਰੁੱਧ ਮੀਟਿੰਗ ਕੀਤੀ। ਡੀ.ਸੀ. ਦਫ਼ਤਰ ਵਿਖੇ ਅਮਨ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਪਿਛਲੇ 5 ਦਿਨਾਂ ਵਿਚ, ਬਹੁਤ ਸਾਰੇ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਏ ਗਏ, ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ, ਕਈ ਤਸਕਰਾਂ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਅਤੇ ਕਈ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁੱਦੇ ’ਤੇ ਹੋਈ ਮੀਟਿੰਗ ਵਿਚ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ, ਬਹੁਤ ਸਾਰੇ ਨਸ਼ੇੜੀਆਂ ਨੂੰ ਨਸ਼ੇ ਤੋਂ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ ਅਤੇ ਉੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਅਮਨ ਅਰੋੜਾ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਇਸ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਤਸਕਰਾਂ ਦੇ ਘਰਾਂ ਨੂੰ ਢਾਹੁਣ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਕਾਨੂੰਨੀ ਤਰੀਕੇ ਨਾਲ ਕੀਤੀ ਜਾ ਰਹੀ ਹੈ। ਢਾਹੀਆਂ ਜਾ ਰਹੀਆਂ ਇਮਾਰਤਾਂ ਵਿਚੋਂ ਇਕ ਵੀ ਇਮਾਰਤ ਅਜਿਹੀ ਨਹੀਂ ਹੈ, ਜੋ ਕਾਨੂੰਨ ਦੀ ਪਾਲਣਾ ਕੀਤੇ ਬਿਨ੍ਹਾਂ ਢਾਹ ਦਿੱਤੀ ਗਈ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨ ’ਤੇ ਕਬਜ਼ੇ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ