ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੁਪਹਿਰ ਸਮੇਂ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਕਰੀਬ ਪੌਣਾ ਘੰਟਾ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ ਅਤੇ ਸਿੰਘ ਸਾਹਿਬ ਨਾਲ ਮੁਲਾਕਾਤ ਸਿਰਫ਼ ਰਸਮੀ ਸੀ। ਆਪਣੇ ਅਸਤੀਫੇ ਬਾਰੇ ਉਨ੍ਹਾਂ ਕਿਹਾ ਕਿ ਉਹ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ ਇਹ ਪੱਕੀ ਗੱਲ ਹੈ। ਪੰਜ ਮੈਂਬਰੀ ਕਮੇਟੀ ਵਲੋਂ 18 ਮਾਰਚ ਤੋਂ ਭਰਤੀ ਮੁਹਿੰਮ ਸ਼ੁਰੂ ਕਰਨ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਦੇਖਣਾ ਹੈ।