ਨਸ਼ਾ ਪੂਰੀ ਤਰ੍ਹਾਂ ਖ਼ਤਮ ਹੋਣ ਤੱਕ ਜਾਰੀ ਰਹੇਗੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਮਾਰਚ- ‘ਆਪ’ ਸਰਕਾਰ ਦੀ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੇ ਸਿਰਫ਼ 12 ਦਿਨਾਂ ਦੇ ਅੰਦਰ ਹੀ ਅਸਾਧਾਰਨ ਨਤੀਜੇ ਸਾਹਮਣੇ ਆਏ ਹਨ। ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਾ ਵਿਰੋਧੀ ਮੁਹਿੰਮ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਕ ਪ੍ਰੈਸ ਕਾਨਫਰੰਸ ਵਿਚ ਪ੍ਰਭਾਵਸ਼ਾਲੀ ਅੰਕੜੇ ਸਾਂਝੇ ਕੀਤੇ, ਜਿਸ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਵਚਨਬੱਧਤਾ ਨੂੰ ਉਜਾਗਰ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੁਣ ਤੱਕ 875 ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 1,188 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 35 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ, ਜਿਸ ਵਿਚ 68 ਕਿਲੋ ਹੈਰੋਇਨ, 873 ਕਿਲੋ ਭੁੱਕੀ, 42 ਕਿਲੋ ਅਫੀਮ, 3.5 ਕਿਲੋ ਚਰਸ ਅਤੇ 6,74,370 ਨਸ਼ੀਲੀਆਂ ਗੋਲੀਆਂ ਸ਼ਾਮਿਲ ਹਨ। ਇਸ ਤੋਂ ਇਲਾਵਾ, ਆਪ ਸਰਕਾਰ ਇਕ ਵਿਆਪਕ ਜਾਗਰੂਕਤਾ ਮੁਹਿੰਮ ਤਹਿਤ ਨਾਗਰਿਕਾਂ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾਉਣ ਵਿਚ ਯੋਗਦਾਨ ਪਾਉਣ ਲਈ ਸਰਗਰਮੀ ਨਾਲ ਲਾਮਬੰਦ ਕਰ ਰਹੀ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੀ ਪੰਜਾਬ ਵਿਚ ਨਸ਼ਿਆਂ ਦੀ ਮਹਾਂਮਾਰੀ ਪੈਦਾ ਕਰਨ ਅਤੇ ਇਸ ਨੂੰ ਉਤਸ਼ਾਹਿਤ ਕਰਨ ਲਈ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਇਨ੍ਹਾਂ ਪਾਰਟੀਆਂ ’ਤੇ ਇਕ ਸੋਚੀ-ਸਮਝੀ ਰਣਨੀਤੀ ਦੇ ਹਿੱਸੇ ਵਜੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਚ ਧੱਕਣ ਦਾ ਦੋਸ਼ ਲਗਾਇਆ। ਉਨ੍ਹਾਂ ਕਾਂਗਰਸ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਵਿਚ ਝੂਠੀ ਸਹੁੰ ਖਾਧੀ ਸੀ, ਜਿਸ ਵਿਚ ਉਨ੍ਹਾਂ ਨੇ ਚਾਰ ਹਫ਼ਤਿਆਂ ਦੇ ਅੰਦਰ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਇਸ ਦੀ ਬਜਾਏ, ਉਨ੍ਹਾਂ ਦੀ ਸਰਕਾਰ ਨੇ ਨਸ਼ਾ ਤਸਕਰਾਂ ਨਾਲ ਸੰਬੰਧ ਡੂੰਘੇ ਕਰ ਲਏ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਉਦੋਂ ਤੱਕ ਨਹੀਂ ਰੁਕੇਗੀ ਜਦੋਂ ਤੱਕ ਹਰ ਨਸ਼ਾ ਤਸਕਰ ਨੂੰ ਜਾਂ ਤਾਂ ਜੇਲ੍ਹ ਵਿਚ ਨਹੀਂ ਪਾ ਦਿੱਤਾ ਜਾਂਦਾ ਜਾਂ ਪੰਜਾਬ ਤੋਂ ਬਾਹਰ ਨਹੀਂ ਕੱਢ ਦਿੱਤਾ ਜਾਂਦਾ।