ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ



ਸ੍ਰੀ ਅੰਨਦਪੁਰ ਸਾਹਿਬ, 10 ਮਾਰਚ, (ਜਰਨੈਲ ਸਿੰਘ ਨਿੱਕੂਵਾਲ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ, ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਕੱਤਰ ਸ. ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ। ਇਸ ਦੌਰਾਨ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਥ ਵਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਵੱਡੇ ਭਾਗ ਹਨ ਕਿ ਇਕ ਸਧਾਰਨ ਸਿੱਖ ਪਰਿਵਾਰ ਵਿਚ ਪੈਦਾ ਹੋ ਕੇ ਉਨ੍ਹਾਂ ਨੂੰ ਇੰਨੀ ਵੱਡੀ ਸੇਵਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਦੇ ਵਿਚ ਇਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ।