ਸ਼੍ਰੋਮਣੀ ਕਮੇਟੀ ਕਰ ਰਹੀ ਹੈ ਮਰਿਆਦਾ ਦੀ ਘੋਰ ਉਲੰਘਣਾ- ਬਾਬਾ ਬਲਵੀਰ ਸਿੰਘ ਅਕਾਲੀ

ਸ੍ਰੀ ਅਨੰਦਪੁਰ ਸਾਹਿਬ, 10 ਮਾਰਚ, (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਰਿਆਦਾ ਦੀ ਘੋਰ ਉਲੰਘਣਾ ਕਰ ਰਹੀ ਹੈ, ਜਿਸ ਨੂੰ ਸਮੁੱਚਾ ਖਾਲਸਾ ਪੰਥ ਬਰਦਾਸ਼ਤ ਨਹੀਂ ਕਰੇਗਾ ਅਤੇ ਉਹ ਸੰਗਤ ਨੂੰ ਅਪੀਲ ਕਰਦੇ ਹਨ ਕਿ ਨਵੇਂ ਜਥੇਦਾਰਾਂ ਨੂੰ ਪ੍ਰਵਾਨ ਨਾ ਕਰਨ। ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡਾ ਕਿਸੇ ਨਾਲ ਵੀ ਕੋਈ ਵੈਰ ਵਿਰੋਧ ਨਹੀਂ, ਅਸੀਂ ਹਮੇਸ਼ਾ ਹੀ ਮਰਿਆਦਾ ਦੀ ਲੜਾਈ ਲੜਦੇ ਰਹੇ ਹਾਂ ਅਤੇ ਹੁਣ ਵੀ ਤੜਕਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਾਹਿਬ ਦੀ ਦਸਤਾਰਬੰਦੀ ਚੋਰੀ ਛੁਪੇ ਕੀਤੀ ਗਈ ਹੈ ਜਦੋਂ ਕਿ ਪਹਿਲੇ ਸਮੇਂ ਵਿਚ ਅਜਿਹਾ ਕਦੇ ਨਹੀਂ ਹੁੰਦਾ ਸੀ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਪਹਿਲਾਂ ਹੀ ਐਲਾਨ ਕਰ ਚੁੱਕੀਆਂ ਹਨ ਕਿ ਉਹ ਇਨ੍ਹਾਂ ਜਥੇਦਾਰਾਂ ਨੂੰ ਪ੍ਰਵਾਨ ਨਹੀਂ ਕਰਦੀਆਂ ਪ੍ਰੰਤੂ ਹੋਲਾ ਮਹੱਲਾ ’ਤੇ ਸੰਗਤ ਆਵੇ ਅਤੇ ਗੁਰੂ ਸਾਹਿਬ ਨੂੰ ਨਮਸਕਾਰ ਕਰੇ। ਇਸ ਮੌਕੇ ਬਾਬਾ ਨਾਗਰ ਸਿੰਘ, ਦਮਦਮੀ ਟਕਸਾਲ ਦੇ ਬੁਲਾਰੇ ਬਾਬਾ ਸੁਖਦੇਵ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨੇ ਵਾਲੇ ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ।