ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਭਾਲੀ ਸੇਵਾ

ਅੰਮ੍ਰਿਤਸਰ, 10 ਮਾਰਚ (ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੇਵਾ ਸੰਭਾਲ ਲਈ ਹੈ। ਸ੍ਰੀ ਅਨੰਦਪੁਰ ਸਾਹਿਬ ਵਾਂਗ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਮੌਜੂਦ ਨਹੀਂ ਸਨ, ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ ਵੀ ਗੈਰ ਹਾਜ਼ਰ ਸਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਆਦਿ ਹਾਜ਼ਰ ਸਨ ਪਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਸਕੱਤਰਾਂ ਵਿਚੋਂ ਕੋਈ ਵੀ ਹਾਜ਼ਰ ਨਹੀਂ ਸੀ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਸਮੀ ਤੌਰ ਉਤੇ ਸੇਵਾ ਸੰਭਾਲਣ ਉਪਰੰਤ ਜਥੇਦਾਰ ਗੜਗੱਜ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਵੀ ਮੱਥਾ ਟੇਕਣ ਗਏ। ਇਸ ਦੌਰਾਨ ਪੰਜ ਪਿਆਰੇ ਸਾਹਿਬਾਨ ਨੇ ਗਿਆਨੀ ਗੜਗੱਜ ਨੂੰ ਦਸਤਾਰ ਭੇਟ ਕੀਤੀ।