ਨਸ਼ਿਆਂ ਦੇ ਖ਼ਾਤਮੇ ਲਈ ਅਸੀਂ ਦ੍ਰਿੜਤਾ ਨਾਲ ਕਰ ਰਹੇ ਹਾਂ ਕੰਮ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 11 ਮਾਰਚ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ 24 ਘੰਟੇ ਨਸ਼ਿਆਂ ਦੇ ਖਾਤਮੇ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਤੇ ਇਸ ਵਿਚ ਉਨ੍ਹਾਂ ਨੂੰ ਜਨਤਾ ਦਾ ਸਹਿਯੋਗ ਵੀ ਮਿਲ ਰਿਹਾ ਹੈ। ਇਹ ਗੱਲ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਇਸ ਮੌਕੇ ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਜਿਹੜੇ ਨਸ਼ਾ ਤਸਕਰ ਇਸ ਵਿਚ ਸ਼ਾਮਿਲ ਪਾਏ ਜਾ ਰਹੇ ਹਨ, ਉਹਨਾਂ ਦੇ ਘਰਾਂ ’ਤੇ ਵੀ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 24 ਫਰਵਰੀ ਤੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਬੇਹਦ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ ਹਨ।