ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਲੋਂ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ

ਅੰਮ੍ਰਿਤਸਰ, 11 ਮਾਰਚ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੇਵਾ ਸੰਭਾਲਣ ਬਾਰੇ ਕੀਤੇ ਜਾ ਰਹੇ ਕਥਿਤ ਗੁੰਮਰਾਹਕੁੰਨ ਪ੍ਰਚਾਰ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਪੰਥਕ ਹਾਲਾਤ ਦੇ ਮੱਦੇਨਜ਼ਰ ਆਪਸੀ ਟਕਰਾਅ ਤੋਂ ਬਚਣ ਲਈ ਜਥੇਦਾਰ ਸਾਹਿਬ ਦਾ ਸੇਵਾ ਸੰਭਾਲ ਸਮਾਗਮ ਸੰਖੇਪ ਰੂਪ ਵਿਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਜਥੇਬੰਦੀਆਂ ਦਾ ਸਤਿਕਾਰ ਕਰਦੀ ਹੈ ਅਤੇ ਇਹ ਹਰਗਿਜ ਨਹੀਂ ਚਾਹੁੰਦੀ ਕਿ ਸਿੱਖਾਂ ਵਿਚ ਆਪਸੀ ਟਕਰਾਅ ਵਾਲੀ ਸਥਿਤੀ ਬਣੇ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਦਾ ਸਮਾਗਮ 10 ਮਾਰਚ ਨੂੰ ਰੱਖਿਆ ਗਿਆ ਸੀ ਪਰ ਕੁਝ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਰੋਧ ਕਰਨ ਕਰਕੇ ਇਹ ਸਮਾਗਮ ਸੰਖੇਪ ਰੂਪ ਵਿਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ ਸਨ ਜਿਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ਅਰਦਾਸ ਕਰਨ ਉਪਰੰਤ ਪੰਜ ਪਿਆਰੇ ਸਾਹਿਬਾਨ ਵਲੋਂ ਦਸਤਾਰ ਭੇਟ ਕੀਤੀ ਗਈ। ਇਸ ਮਗਰੋਂ ਸਿੰਘ ਸਾਹਿਬ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਅਤੇ ਅੰਮ੍ਰਿਤ ਵੇਲੇ ਪਹਿਲੀ ਅਰਦਾਸ ਵਿਚ ਸ਼ਾਮਿਲ ਹੋਏ।
ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਗ਼ਲਤ ਹੈ ਕਿ ਜਥੇਦਾਰ ਦੇ ਤਖ਼ਤ ਸਾਹਿਬ ’ਤੇ ਜਾਣ ਸਮੇਂ ਸ਼ਸਤਰ ਵੀ ਸੁਭਾਇਮਾਨ ਨਹੀਂ ਸਨ। ਪ੍ਰਤਾਪ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲਾ ਮਹੱਲਾ ਕੌਮੀ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ ਅਤੇ ਇਨ੍ਹਾਂ ਸਮਾਗਮਾਂ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਮੌਜੂਦਗੀ ਜ਼ਰੂਰੀ ਹੁੰਦੀ ਹੈ। ਇਸ ਦੇ ਮੱਦੇਨਜ਼ਰ ਸੇਵਾ ਸੰਭਾਲ ਸਮਾਗਮ ਰੱਖਿਆ ਗਿਆ ਸੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਿਹਾ ਜਾਵੇ।