ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਖੇਤੀਬਾੜੀ ਵਿਭਾਗ ਨੇ ਸ਼ੁਰੂ ਕੀਤੀ ਮੁਹਿੰਮ

ਸੰਗਰੂਰ, 11 ਮਾਰਚ (ਧੀਰਜ ਪਸ਼ੋਰੀਆ)-ਜ਼ਿਲ੍ਹਾ ਸੰਗਰੂਰ ਵਿਚ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਖੇਤੀਬਾੜੀ ਵਿਭਾਗ ਵਲੋਂ ਵੱਡੇ ਪੱਧਰ ਉਤੇ ਮੁਹਿੰਮ ਆਰੰਭ ਕਰ ਦਿੱਤੀ ਗਈ ਹੈ। ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬਲਾਕ ਸੰਗਰੂਰ ਵਿਚ ਪੈਂਦੇ ਪਿੰਡ ਮੰਡੇਰ ਖੁਰਦ ਅਤੇ ਕੁਲਾਰ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏI ਇਸ ਦੌਰਾਨ ਡਾ. ਪਰਮਿੰਦਰ ਸਿੰਘ ਬੁੱਟਰ, ਖੇਤੀਬਾੜੀ ਵਿਕਾਸ ਅਫਸਰ ਅਤੇ ਡਾ. ਰਜਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਨਰਮੇ ਹੇਠ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਰਵਾਇਤੀ ਫਸਲਾਂ ਤੋਂ ਹੱਟ ਕੇ ਮਿੱਟੀ ਅਤੇ ਪਾਣੀ ਦੀ ਸੰਭਾਲ ਕੀਤੀ ਜਾ ਸਕੇI ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਮਿੱਟੀ ਅਤੇ ਪਾਣੀ ਦੀ ਜਾਂਚ ਭੋਂ-ਪਰਖ ਲੈਬ ਦਫਤਰ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਪਾਸੋਂ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ ਅਤੇ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਦੀ ਫਸਲਾਂ ਵਿਚ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀI ਉਨ੍ਹਾਂ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਕਿਹਾI ਇਸ ਮੌਕੇ ਉਨ੍ਹਾਂ ਨਾਲ ਖੇਤੀਬਾੜੀ ਉਪ ਨਿਰੀਖਕ ਰਮਨਦੀਪ ਸਿੰਘ ਅਤੇ ਹਰਸਿਮਰਨ ਸਿੰਘ ਮੌਜੂਦ ਸਨ।