ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਦੇ ਘਰ ਅੱਗੇ ਧਰਨਾ

ਬਰਨਾਲਾ, 13 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅੰਤਰਿੰਗ ਕਮੇਟੀ ਵਲੋਂ ਮਾਣ ਮਰਿਆਦਾ ਦੀ ਉਲੰਘਣਾ ਕਰਕੇ ਹਟਾਏ ਜਾਣ ਦੇ ਰੋਸ ਵਜੋਂ ਅੱਜ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਤੇਜਾ ਸਿੰਘ ਕਮਾਲਪੁਰ, ਮਲਕੀਤ ਸਿੰਘ ਚੰਗਾਲ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਗਗਨਜੀਤ ਸਿੰਘ ਬਰਨਾਲਾ, ਧਰਮ ਪ੍ਰਚਾਰ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ, ਅਮਰ ਸਿੰਘ ਬੀ.ਏ. ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਆਦਿ ਆਗੂਆਂ ਨੇ ਕਿਹਾ ਕਿ ਜਿਸ ਢੰਗ ਨਾਲ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਹਟਾਇਆ ਗਿਆ ਹੈ, ਉਸ ਨਾਲ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਮਨਾਂ ਉੱਪਰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੇ ਫੈਸਲੇ ਸੰਬੰਧੀ ਜਥੇਦਾਰ ਪਰਮਜੀਤ ਸਿੰਘ ਖਾਲਸਾ ਦਾ ਪੱਖ ਜਾਨਣ ਅਤੇ ਅੰਤਰਿੰਗ ਕਮੇਟੀ ਦੇ ਫੈਸਲੇ ਨੂੰ ਵਾਪਸ ਲੈਣ ਲਈ ਉਨ੍ਹਾਂ ਵਲੋਂ ਸਹਿਮਤੀ ਦੇਣ ਵਾਸਤੇ ਇਹ ਧਰਨਾ ਲਗਾਇਆ ਜਾ ਰਿਹਾ ਹੈ।