ਸੁਖਜਿੰਦਰ ਸਿੰਘ ਰੰਧਾਵਾ ਵਲੋਂ 'ਆਪ' ਸਰਕਾਰ ਦੀ ਨਾਕਾਮੀ ਦੱਸਿਆ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਗ੍ਰਨੇਡ ਹਮਲੇ ਨੂੰ

ਪਠਾਨਕੋਟ 16 ਮਾਰਚ (ਸੰਧੂ) - ਸੁਖਜਿੰਦਰ ਸਿੰਘ ਰੰਧਾਵਾ ਸੰਸਦ ਮੈਂਬਰ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ੇਰਸ਼ਾਹ ਸੂਰੀ ਰੋਡ, ਨੇੜੇ ਗ੍ਰਨੇਡ ਅਟੈਕ ਨੂੰ ਪੰਜਾਬ ਸਰਕਾਰ ਦੀ ਨਾਲਾਇਕੀ ਦੱਸਿਆ। ਉਨ੍ਹਾਂ ਕਿਹਾ ਕਿ ਠਾਕੁਰ ਦੁਆਰਾ ਮੰਦਿਰ ਵਿਚ ਗ੍ਰਨੇਡ ਹਮਲਾ ਕਰਕੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਹਿੰਦੂ ਸਿੱਖ ਏਕਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣ ਦੇਵੇਗੀ। ਸਰਦਾਰ ਰੰਧਾਵਾ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਪੰਜਾਬ ਵਿਚ ਹੋਏ 13 ਬੰਬ ਧਮਾਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਚਿੰਨ੍ਹ ਲਗਾ ਰਹੇ ਹਨ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।